ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ ਵੱਲੋਂ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਦੀ ਨਿੰਦਾ,ਗੁਰਦੁਆਰਾ ਬੰਗਲਾ ਸਾਹਿਬ ਦੀ ਸੇਵਾ ਦੀ ਭਰਪੂਰ ਸ਼ਲਾਘਾ

ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ ਵੱਲੋਂ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਦੀ ਨਿੰਦਾ,ਗੁਰਦੁਆਰਾ ਬੰਗਲਾ ਸਾਹਿਬ ਦੀ ਸੇਵਾ ਦੀ ਭਰਪੂਰ ਸ਼ਲਾਘਾ

ਜਲੰਧਰ: 22 ਜੁਲਾਈ 2026 (ਅਨਿਲ ਵਰਮਾ) ਅੱਜ ਜਲੰਧਰ ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ, ਜਲੰਧਰ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਹੋਈ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ ਉਠਾਉਣ ਵਾਲੇ ਵਿਦਿਆਰਥੀਆਂ ਨਾਲ ਬਲ ਪ੍ਰਯੋਗ ਦੇ ਦੋਸ਼ ਬਹੁਤ ਹੀ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਜਾਇਜ ਮੰਗਾਂ ਨੂੰ ਸੰਵਾਦ ਅਤੇ ਸੰਵਿਧਾਨਕ ਢੰਗ ਨਾਲ ਸੁਣਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੰਦਾ ਹੈ। ਜੇਕਰ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਵਿਦਿਆਰਥੀਆਂ ਨੂੰ ਦਿੱਤੀ ਗਈ ਪਨਾਹ, ਲੰਗਰ ਅਤੇ ਹਰ ਤਰ੍ਹਾਂ ਦੀ ਮਨੁੱਖੀ ਸਹਾਇਤਾ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਦੀ ਪਰੰਪਰਾ ਨੇ ਇੱਕ ਵਾਰ ਫਿਰ ਮਨੁੱਖਤਾ ਲਈ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰ ਸਰਕਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜੇਕਰ ਕਿਸੇ ਵੱਲੋਂ ਕਾਨੂੰਨ ਦੀ ਉਲੰਘਣਾ ਹੋਈ ਹੈ ਤਾਂ ਉਸ ਬਾਰੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਦਾ ਜਲਦ ਹੱਲ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਨੀਟ (NEET) ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਉੱਠੇ ਗੰਭੀਰ ਸਵਾਲਾਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇੰਨੇ ਗੰਭੀਰ ਵਿਵਾਦ ਸਾਹਮਣੇ ਆਉਂਦੇ ਹਨ ਤਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਪੂਰੀ, ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਦਾ ਭਰੋਸਾ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜਨਤਕ ਜਵਾਬਦੇਹੀ ਦੇ ਸਿਧਾਂਤਾਂ ਦੇ ਮੱਦੇਨਜ਼ਰ ਕੇਂਦਰੀ ਸਿੱਖਿਆ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਸ ਮੌਕੇ ਐਡਵੋਕੇਟ ਕਰਨਜੀਤ ਸਿੰਘ, ਐਡਵੋਕੇਟ ਰਾਮਨਦੀਪ ਕੌਰ, ਐਡਵੋਕੇਟ ਨੇਹਾ, ਐਡਵੋਕੇਟ ਟੀਨਾ, ਐਡਵੋਕੇਟ ਲਵਪ੍ਰੀਤ ਸੁਮਨ ਐਡਵੋਕੇਟ ਵਿਸਾਖਾ, ਐਡਵੋਕੇਟ ਪੂਜਾ, ਐਡਵੋਕੇਟ ਅੰਜਲੀ, ਐਡਵੋਕੇਟ ਅਰੁਣ ਸਿੱਧੂ ਅਤੇ ਐਡਵੋਕੇਟ ਅਮੋਲਕ ਸਿੰਘ ਨੇ ਵੀ ਸਾਂਝੇ ਤੋਰ ‘ਤੇ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ ਨੂੰ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਲੋਕਤੰਤਰੀ ਢੰਗ ਨਾਲ ਹੱਲ ਕਰਨਾ ਹੀ ਇੱਕ ਜ਼ਿੰਮੇਵਾਰ ਸਰਕਾਰ ਦੀ ਪਹਿਚਾਣ ਹੈ।

ਜਾਰੀ ਕਰਤਾ:

ਐਡਵੋਕੇਟ ਗੁਰਜੀਤ ਸਿੰਘ ਕਾਹਲੋਂ

ਐਡਵੋਕੇਟਸ ਫਾਰ ਫਾਰਮਰਜ ਐਂਡ ਲੇਬਰਰਜ਼, ਜਲੰਧਰ

ਐਡਵੋਕੇਟ ਰਾਜੂ ਅੰਬੇਡਕਰ

ਜਨਰਲ ਸਕੱਤਰ

ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ

3 thoughts on “ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ ਵੱਲੋਂ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਦੀ ਨਿੰਦਾ,ਗੁਰਦੁਆਰਾ ਬੰਗਲਾ ਸਾਹਿਬ ਦੀ ਸੇਵਾ ਦੀ ਭਰਪੂਰ ਸ਼ਲਾਘਾ

Leave a Reply

Your email address will not be published. Required fields are marked *